ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ-15 ਅਗਸਤ ਨੂੰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਲਹਿਰਾਉਣਗੇ ਤਿਰੰਗਾ
ਹੁਸ਼ਿਆਰਪੁਰ(ਸੁਸ਼ੀਲ ਸ਼ਰਮਾ):-ਆਜ਼ਾਦੀ ਦਿਵਸ ਦੇ ਮੌਕੇ ’ਤੇ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਹੋਈ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ ਸੁਰੇਂਦਰ ਲਾਂਬਾ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਜ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਜਿਥੇ ਪਰੇਡ ਦਾ ਨਿਰੀਖਣ ਕੀਤਾ। ਇਸ ਦੌਰਾਨ ਪਰੇਡ ਕਮਾਂਡਰ ਇੰਸਪੈਕਟਰ ਅਮਰਜੀਤ ਕੌਰ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਿਸ, ਜ਼ਿਲ੍ਹਾ ਮਹਿਲਾ ਪੁਲਿਸ, ਪੀ.ਆਰ.ਟੀ.ਸੀ ਜਹਾਨਖੇਲਾਂ, ਪੀ.ਆਰ.ਟੀ.ਸੀ ਜਹਾਨਖੇਲਾਂ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, 12 ਪੰਜਾਬ ਬਟਾਲੀਅਨ ਐਨ.ਸੀ.ਸੀ, ਸਕਾਊਟਸ ਗਰਲਜ਼ ਗਾਈਡ ਅਤੇ ਪੀ.ਆਰ.ਟੀ.ਸੀ ਜਹਾਨਖੇਲਾਂ ਦੇ ਬੈਂਡ ਦੀਆਂ ਟੁਕੜੀਆਂ ਨੇ ਸਲਾਮੀ ਦਿੱਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸ਼ਾਨਦਾਰ ਮਾਸ ਪੀ.ਟੀ ਸ਼ੋਅ, ਸੱਭਿਆਚਾਰਕ ਅਤੇ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦਾ ਜਜ਼ਬਾ ਝਲਕ ਰਿਹਾ ਸੀ, ਜਿਸ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਆਜ਼ਾਦੀ ਘੁਲਾਟੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਵਧੀਆ ਕਾਰਗੁਜਾਰੀ ਵਾਲੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਮਾਜਿਕ ਗਤੀਵਿਧੀਆਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਆਦਿ ਨੂੰ ਵੀ ਸਨਮਾਨਿਤ ਕਰਨਗੇ।
ਰਾਹੁਲ ਚਾਬਾ ਨੇ ਜ਼ਿਲ੍ਹਾ ਵਾਸੀਆਂ ਨੂੰ ਪੂਰੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਦੇਸ਼ ਦੀ ਆਜ਼ਾਦੀ ਦੇ 77 ਸਾਲ ਪੂਰੇ ਹੋ ਚੁੱਕੇ ਹਨ। ਇਸ ਮੌਕੇ ਐਸ.ਪੀ ਮਨੋਜ ਠਾਕੁਰ, ਐਸ.ਪੀ ਸਰਬਜੀਤ ਸਿੰਘ ਬਾਹੀਆ, ਐਸ.ਪੀ ਨਵਨੀਤ ਕੌਰ ਗਿੱਲ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਆਰ.ਟੀ.ਓ ਆਰ.ਐਸ ਗਿੱਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।