ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ‘ਵਿਸ਼ਵ ਤੰਬਾਕੂ ਰਹਿਤ ਦਿਵਸ’
ਪੰਜਾਬ ਬਾਣੀ 24 ਨਿਊਜ਼
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ‘ਵਿਸ਼ਵ ਤੰਬਾਕੂ ਰਹਿਤ ਦਿਵਸ’
-ਤੰਬਾਕੂ ਛੱਡਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਲਈ ਜਾ ਸਕਦੀ ਹੈ ਸੇਧ-ਜ਼ਿਲ੍ਹਾ ਤੇ ਸੈਸ਼ਨ ਜੱਜ
-ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰਪਲੈਕਸ ਦੇ ਅਹਾਤੇ ਨੂੰ ‘ਨੋ ਤੰਬਾਕੂ ਅਤੇ ਨੋ ਸਮੋਕਿੰਗ ਜ਼ੋਨ’ ਐਲਾਨਿਆ |
-ਜਾਗਰੂਕਤਾ ਰੈਲੀ ਵਿਚ ਨਿਆਇਕ ਅਧਿਕਾਰੀਆਂ, ਬਾਰ ਕੌਂਸਲ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਕੀਤੀ ਸ਼ਿਰਕਤ |
ਹੁਸ਼ਿਆਰਪੁਰ 31 ਮਈ (ਸੁਸ਼ੀਲ ਸ਼ਰਮਾ)ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਅੱਜ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਤੰਬਾਕੂ ਰਹਿਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਜਾਗਰੂਕਤਾ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿਚ ਜ਼ਿਲ੍ਹਾ ਹੈੱਡਕੁਆਟਰ ਹੁਸ਼ਿਆਰਪੁਰ ਵਿਖੇ ਤਾਇਨਾਤ ਸਮੂਹ ਨਿਆਇਕ ਅਧਿਕਾਰੀਆਂ, ਬਾਰ ਕੌਂਸਲ ਪ੍ਰਧਾਨ ਆਰ. ਪੀ. ਧੀਰ, ਬਾਰ ਕੌਂਸਲ ਮੈਂਬਰਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਥੇ ਇਕ ਜਾਗਰੂਕਤਾ ਰੈਲੀ ਕਰਵਾਈ ਗਈ, ਉਥੇ ਕੋਰਟ ਕੰਪਲੈਕਸ ਦੇ ਅਹਾਤੇ ਵਿਚ ‘ਨੋ ਸਮੋਕਿੰਗ’ ਅਤੇ ‘ਨੋ ਤੰਬਾਕੂੂ’ ਦੇ ਸੰਦੇਸ਼ਾਂ ਵਾਲੇ ਸੰਕੇਤਕ ਲਗਾਏ ਗਏ।
ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਇਸ ਮੌਕੇ ਨਵੇਂ ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰਪਲੈਕਸ ਦੇ ਅਹਾਤੇ ਨੂੰ ‘ਨੋ ਤੰਬਾਕੂ ਅਤੇ ਨੋ ਸਮੋਕਿੰਗ ਜ਼ੋਨ’ ਐਲਾਨਿਆ ਅਤੇ ਹਰੇਕ ਵਿਅਕਤੀ ਨੂੰ ਤੰਬਾਕੂ ਛੱਡਣ ਦਾ ਪ੍ਰਣ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਤੰਬਾਕੂ ਛੱਡਣ ਲਈ ਦ੍ਰਿੜ ਇਰਾਦੇ ਦੀ ਲੋੜ ਹੈ ਅਤੇ ਇਹ ਪਰਿਵਾਰ, ਦੋਸਤਾਂ-ਮਿੱਤਰਾਂ ਅਤੇ ਸਮਾਜ ਦੀ ਮਦਦ ਨਾਲ ਸੰਭਵ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਤੰਬਾਕੂ ਛੱਡਣ ਸਬੰਧੀ ਚੁਨੌਤੀਆਂ ਦੂਰ ਲਈ ਸਹਾਇਤਾ ਦੀ ਲੋੜ ਹੈ, ਤਾਂ ਉਹ ਇਸ ਸਬੰਧੀ ਅਗਵਾਈ ਅਤੇ ਮਦਦ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਪਰਕ ਕਰ ਸਕਦਾ ਹੈ।
ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਨੇ ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਤੰਬਾਕੂ ਦਾ ਸੇਵਨ ਕਰਨ ਵਾਲਿਆਂ, ਬੱਚਿਆਂ, ਪਰਿਵਾਰਾਂ, ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ’ਤੇ ਹੋਣ ਵਾਲੇ ਮਾਰੂ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਬਾਰੇ ‘ਪ੍ਰੋਹਿਬਿਸ਼ਨ ਆਫ ਐਡਵਰਟਾਈਜ਼ਮੈਂਟ ਐਂਲਡ ਰੈਗੂਲੇਸ਼ਨ ਆਫ ਟਰੇਡ ਐਂਡ ਕਾਮਰਸ, ਪ੍ਰੋਡਕਸ਼ਨ, ਸਪਲਾਈ ਐਂਡ ਡਿਸਟ੍ਰੀਬਿਊਸ਼ਨ ਐਕਟ, 2003’ ਦੇ ਉਪਬੰਧਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਿ ਕਿਸੇ ਵੀ ਵਿਅਕਤੀ ਨੂੰ ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਕਰਨ ਲਈ ਜ਼ੁਰਮਾਨਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਵਿਸ਼ਵ ਤੰਬਾਕੂ ਦਿਵਸ ਦਾ ਥੀਮ ‘ਸਾਨੂੰ ਭੋਜਨ ਦੀ ਲੋੜ ਹੈ, ਤੰਬਾਕੂ ਦੀ ਨਹੀਂ’ ਹੈ। ਉਨ੍ਹਾਂ ਕਿਹਾ ਕਿ ਸਾਨੂੰ ਤੰਬਾਕੂ ਛੱਡਣ ਦਾ ਪ੍ਰਣ ਲੈਣਾ ਚਾਹੀਦਾ ਹੈ, ਕਿਉਂਕਿ ਹਰ ਸਾਲ ਇਸ ਨਾਲ ਲੱਖਾਂ ਜਾਨਾਂ ਜਾ ਰਹੀਆਂ ਅਤੇ ਇਹ ਫੇਫੜਿਆਂ ਦੇ ਕੈਂਸਰ, ਦਿਲ ਦੀਆਂ ਬਿਮਾਰੀਆਂ, ਸਟਰੋਕ ਆਦਿ ਸਮੇਤ ਕਈ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਰਿਹਾ ਹੈ। ਅੰਤ ਵਿਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਇਨ੍ਹਾਂ ਜਾਗਰੂਕਤਾ ਸਮਾਗਮਾਂ ਵਿਚ ਹਿੱਸਾ ਲੈਣ ਲਈ ਨਿਆਂਇਕ ਅਧਿਕਾਰੀਆਂ ਅਤੇ ਹੋਰਨਾਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ।